ਮਲਸੀਆਂ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਮਲਸੀਆਂ, 30 ਦਸੰਬਰ (ਸੁਖਦੀਪ ਸਿੰਘ ਸਚਦੇਵਾ) ਦਸਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਮਲਸੀਆਂ ਦੇ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ- ਛਾਇਆ ਹੇਠ ਸਜਾਇਆ ਗਿਆ । ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਤੋਂ ਅਰੰਭ ਹੋ ਕੇ ਇਲਾਕੇ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਹੀ ਸੰਪੂਰਨ ਹੋਇਆ । ਨਗਰ ਕੀਰਤਨ ਦੇ ਸਾਰੇ ਰਸਤੇ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ । ਸੰਗਤਾਂ ਪਾਲਕੀ ਦੇ ਪਿੱਛੇ ਚੱਲ ਕੇ ਗੁਰਬਾਣੀ ਦਾ ਸਿਮਰਨ ਕਰ ਰਹੀਆਂ ਸਨ । ਵੱਖ-ਵੱਖ ਥਾਵਾਂ ‘ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ । ਸੰਗਤਾਂ ਵੱਲੋਂ ਨਗਰ ਕੀਰਤਨ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ । ਨਗਰ ਕੀਰਤਨ ‘ਚ ਸ਼ਾਮਲ ਸੰਗਤਾਂ ਲਈ ਜਗ੍ਹਾ- ਜਗ੍ਹਾ ਕਈ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ । ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡਗ੍ਰੰਥੀ ਭਾਈ ਮਾਨ ਸਿੰਘ, ਹਰਦੇਵ ਸਿੰਘ, ਜੋਗਿੰਦਰ ਸਿੰਘ, ਸ਼ਵਿੰਦਰ ਸਿੰਘ, ਪਰਮਜੀਤ ਸਿੰਘ ਸੀਬੀਆ, ਗੁਰਮੁੱਖ ਸਿੰਘ ਸਿੱਧੂ, ਅਜਮੇਰ ਸਿੰਘ ਖਹਿਰਾ, ਮੈਨੇਜਰ ਪ੍ਰਤਾਪ ਸਿੰਘ, ਡਾ. ਸੰਤੋਖ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਸਨ ।





